Ludhiana - Khanna
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਲੁਧਿਆਣਾ ਦੇ ਬਾਲ ਘਰਾਂ ਦਾ ਕੀਤਾ ਗਿਆ ਦੌਰਾ
ਲੁਧਿਆਣਾ 4 ਮਈ (ਦਿਵਿਆ ਸਵੇਰਾ)
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਨਵੀਂ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਜ ਦਲਾਲ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਵੀ ਮੋਜੂਦ ਸਨ।ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਅੰਦਰ ਸ਼ਿਮਲਾਪੁਰੀ, ਗਿੱਲ ਨਹਿਰ ਨੇੜੇ ਸਥਿਤ ਬਾਲ ਘਰਾਂ ਦੀ ਮੁਕੰਮਲ ਜਾਂਚ ਕੀਤੀ ਗਈ ਅਤੇ ਤਾਇਨਾਤ ਅਮਲੇ ਦੇ ਨਾਲ-ਨਾਲ ਸਾਰੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਗਈ। ਜਾਂਚ ਦੌਰਾਨ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਹੂਲਤ ਲਈ ਹੋਰ ਸੁਧਾਰ ਕੀਤਾ ਜਾਵੇ। ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਟੀਮ ਵੱਲੋਂ ਬਾਲ ਘਰ ਦੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ ਗਈ।ਇਸ ਤੋਂ ਤੁਰੰਤ ਬਾਅਦ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ), ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਸਹਾਇਕ ਲੇਬਰ ਕਮਿਸ਼ਨਰ, ਸੁਪਰਡੰਟ ਆਬਜ਼ਰਵੇਸ਼ਨ ਹੋਮ, ਮੈਡੀਕਲ ਅਫਸਰ ਯੂ.ਪੀ.ਐਸ.ਸੀ. ਜਨਤਾ ਨਗਰ, ਸ਼੍ਰੀ ਗੁਰਜੀਤ ਸਿੰਘ ਰੋਮਾਣਾ (ਚੇਅਰਮੈਨ ਬਾਲ ਭਲਾਈ ਕਮੇਟੀ ਲੁਧਿਆਣਾ) ਅਤੇ ਬਾਲ ਭਲਾਈ ਕਮੇਟੀ ਦੇ ਹੋਰ ਮੈਂਬਰ ਸਾਹਿਬਾਨ ਵੀ ਮੌਜੂਦ ਸਨ।ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਰਜਿਸਟ੍ਰਾਰ ਸ਼੍ਰੀਮਤੀ ਪ੍ਰੀਤੀ ਭਾਰਦਵਜ ਦਲਾਲ ਵੱਲੋਂ ਆਬਜ਼ਰਵੇਸ਼ਨ ਹੋਮ ਵਿੱਚ ਹੋਰ ਪੁੱਖਤਾਂ ਪ੍ਰਬੰਧਾਂ ਸਬੰਧੀ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਬੱਚਿਆਂ ਵਿਰੁੱਧ ਵਾਪਰਦੇ ਹਿੰਸਕ ਅਪਰਾਧਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੇ ਕੇਸਾਂ ਨੂੰ ਪਰਮ ਅਗੇਤ ਦੇਣ ਅਤੇ ਸਮਾਂ ਬੱਧ ਤਰੀਕੇ ਨਾਲ ਜਾਂਚ ਕਰਨ ਲਈ ਵੀ ਕਿਹਾ ਗਿਆ। ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਸਮੇਂ ਸਮੇਂ ‘ਤੇ ਲੋੜੀਂਦੇ ਕਦਮ ਚੁੱਕੇ ਜਾਣ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਵੱਲੋਂ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸ਼ਨ ਵਲੋਂ ਹਮੇਸ਼ਾਂ ਐਨ.ਸੀ.ਪੀ.ਸੀ.ਆਰ. ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਂਦੀ ਹੈ ਅਤੇ ਬਾਲ ਘਰਾਂ ਦੇ ਬੱਚਿਆਂ ਦੇ ਸੁਧਾਰ ਲਈ ਹਰ ਯੋਗ ਉਪਰਾਲੇ ਕੀਤੇ ਜਾਂਦੇ ਹਨ।